ਖੇਡ ਸਟੇਡੀਅਮ, ਸਰਹਿੰਦ ਵਿਖੇ ਮਨਾਇਆ ਜਾਵੇਗਾ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ : ਡਿਪਟੀ ਕਮਿਸ਼ਨਰ

😊 Please Share This News 😊
|
ਖੇਡ ਸਟੇਡੀਅਮ, ਸਰਹਿੰਦ ਵਿਖੇ ਮਨਾਇਆ ਜਾਵੇਗਾ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ : ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਮਨੋਜ ਭੱਲਾ ):-ਸਾਡੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਖੇਡ ਸਟੇਡੀਅਮ ਸਰਹਿੰਦ ਵਿਖੇ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਸ ਸਮਾਗਮ ਲਈ ਅਧਿਕਾਰੀ ਦੇਸ਼ ਭਗਤੀ ਦੀ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਆਜ਼ਾਦੀ ਦਿਵਸ ਸਮਾਗਮ ਲਈ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਜਿ਼ਲ੍ਹਾ ਵਾਸੀਆਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ, ਲੰਮੀਂ ਗੁਲਾਮੀ ਉਪਰੰਤ ਅਸੀਂ ਆਜ਼ਾਦ ਹੋਏ , ਸਾਡੇ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਆਜ਼ਾਦੀ ਦਿਵਾਈ , ਇਸ ਲਈ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਪੂਰੀ ਨਿਸ਼ਠਾ ਅਤੇ ਦੇਸ਼ ਭਗਤੀ ਦੀ ਭਾਵਨਾਂ ਨਾਲ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰੀਏ। ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਇਸ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ, ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਜ਼ਿਲ੍ਹਾ ਖੇਡ ਅਫਸਰ ਰਾਹੁਲਦੀਪ ਸਿੰਘ, ਡੀ.ਡੀ.ਪੀ.ਓ. ਹਿਤੇਨ ਕਪਿਲਾ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਮਨਦੀਪ ਸਿੰਘ, ਡਿਪਟੀ ਡੀ.ਈ.ਓ. ਦੀਦਾਰ ਸਿੰਘ ਮਾਂਗਟ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
व्हाट्सप्प आइकान को दबा कर इस खबर को शेयर जरूर करें |