ਲੰਮੀਂ ਗੁਲਾਮੀ ਮਗਰੋਂ ਮਿਲੀ ਆਜ਼ਾਦੀ ਦਾ ਦੇਸ਼ ਨੇ ਵੱਡਾ ਮੁੱਲ ਚੁਕਾਇਆ: ਅਮਨ ਅਰੋੜਾ

😊 Please Share This News 😊
|
ਲੰਮੀਂ ਗੁਲਾਮੀ ਮਗਰੋਂ ਮਿਲੀ ਆਜ਼ਾਦੀ ਦਾ ਦੇਸ਼ ਨੇ ਵੱਡਾ ਮੁੱਲ ਚੁਕਾਇਆ: ਅਮਨ ਅਰੋੜਾ
– ਪੰਜਾਬ ਦੇ ਸੂਚਨਾਂ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ
ਫ਼ਤਹਿਗੜ੍ਹ ਸਾਹਿਬ, 15 ਅਗਸਤ :(ਮਨੋਜ ਭੱਲਾ ) :- ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਉਪਰੰਤ ਮਿਲੀ ਆਜ਼ਾਦੀ ਦਾ ਦੇਸ਼ ਨੇ ਵੱਡਾ ਮੁੱਲ ਚੁਕਾਇਆ ਹੈ ਅਤੇ ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਿੱਚ ਪੰਜਾਬੀਆਂ ਦਾ 80 ਫੀਸਦੀ ਤੋਂ ਵੱਧ ਯੋਗਦਾਨ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤਾਂ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਪੰਜਾਬੀਆਂ ਦੇ ਨਾਮ ਦਿੱਤੇ ਸੰਦੇਸ਼ ਵਿੱਚ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਮਾਣ ਭੱਤੇ ਵਿੱਚ ਵਾਧਾ ਕਰਕੇ ਇੱਕ ਕਰੋੜ ਰੁਪਏੇ ਕੀਤਾ ਹੈ ਅਤੇ ਇਹ ਸਹਾਇਤਾ ਦੇਸ਼ ਸੇਵਾ ਦੌਰਾਨ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਆਸ਼ਰਤਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਸਮਾਜ ਦੇ ਕਮਜੋਰ ਵਰਗ ਦੇ ਲੋਕਾਂ ਨੂੰ ਆਪਣੀ ਛੱਤ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਛੇਤੀ ਹੀ 25,000 ਨਵੇਂ ਮਕਾਨ ਬਣਾ ਕੇ ਸਸਤੀਆਂ ਦਰਾਂ ’ਤੇ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਇਨ੍ਹਾਂ ਲੋਕਾਂ ਨੂੰ ਆਪਣੀ ਛੱਤ ਨਸੀਬ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਵਿੱਚ 75 ਨਵੇਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਜੋ ਕਿ ਅੱਜ ਤੋਂ ਕੰਮ ਸ਼ੁਰੂ ਕਰ ਦੇਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਨਵੇਕਲੀ ਪਹਿਲ ਕਦਮੀ ਕਰਦੇ ਹੋਏ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਚੁੱਕਣ ਲਈ ’’ ਸਕੂਲ ਆਫ ਐਮੀਨੈਂਸ ’’ ਵਿੱਚ ਬਦਲਣ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਨੂੰ ਉਤਸਾਹਤ ਕਰਨ ਲਈ 29 ਅਗਸਤ ਤੋਂ ਪੰਜਾਬ ਭਰ ਵਿੱਚ ਪੇਂਡੂ ਖੇਡ ਮੇਲੇ ਸ਼ੁਰੂ ਕਰਵਾਏ ਜਾ ਰਹੇ ਹਨ ਜਿਸ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਤੇ ਅੱਗੇ ਵੱਧਣ ਦਾ ਮੌਕਾ ਮਿਲੇਗਾ। ਪੰਜਾਬ ਵਿੱਚੋਂ ਨਸ਼ਾ ਮਾਫੀਆ, ਸ਼ਰਾਬ ਮਾਫੀਆ, ਰੇਤ ਮਾਫੀਆ ਸਮੇਤ ਹੋਰ ਕਈ ਤਰ੍ਹਾਂ ਦੇ ਮਾਫੀਏ ਨੂੰ ਖਤਮ ਕਰਨ ਲਈ ਸਰਕਾਰ ਪੂਰੀ ਗੰਭੀਰਤਾ ਨਾਲ ਯਤਨ ਕਰ ਰਹੀ ਹੈ ਅਤੇ ਸਰਕਾਰ ਨੇ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਹੈ ਅਤੇ ਪਿਛਲੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿੱਚ ਗੈਂਗਸਟਰ ਕਾਬੂ ਕੀਤੇ ਗਏ ਹਨ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਮੰਤਵ ਲਈ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਅਧੀਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੰਤੇ ਗਏ ਹਨ ਅਤੇ ਪਹਿਲੀ ਵਾਰ ਸਰਕਾਰ ਵੱਲੋਂ ਮੂੰਗੀ ’ਤੇ ਐੈਮ.ਐਸ.ਪੀ. ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਰੀਬ ਲੋਕਾਂ ਨੂੰ ਆਟਾ ਦਾਲ ਦੇਣ ਦੀ ਸਕੀਮ ਤਹਿਤ ਹੁਣ ਲੋਕਾਂ ਨੂੰ ਆਪਣੇ ਘਰਾਂ ਤੱਕ ਰਾਸ਼ਨ ਮੰਗਵਾਉਣ ਦਾ ਵਿਕਲਪ ਵੀ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸਸਤੇ ਭਾਅ ਆਟਾ ਤੇ ਕਣਕ ਮਿਲੇਗੀ।
ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਨੇ ਚੋਣਾ ਦੌਰਾਨ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਕਰਦੇ ਹੋਏ 52 ਲੱਖ ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਵੀ ਸ਼ੁਰੂਆਤ ਕੀਤੀ ਹੈ ਅਤੇ ਹੁਣ ਹਰੇਕ ਬਿਲ ਵਿੱਚ ਬਿਜਲੀ ਦੇ 600 ਯੂਨਿਟ ਮਾਫ ਕੀਤੇ ਜਾ ਰਹੇ ਹਨ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦਾ ਸਨਮਾਨ ਕੀਤਾ ਗਿਆ, ਜਿ਼ਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਇਕਲ ਦਿੱਤੇ ਗਏੇ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਹੜ੍ਹੇ ਸਕੂਲਾਂ ਨੇ ਸਮਾਗਮ ਵਿੱਚ ਹਿੱਸਾ ਲਿਆ ਹੈ ਉਨ੍ਹਾਂ ਨੂੰ 16 ਅਗਸਤ ਦੀ ਛੁੱਟੀ ਹੋਵੇਗੀ।ਇਸ ਮੌਕੇ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ੲ.ਡੀ.ਜੀ.ਪੀ. ਸ਼੍ਰੀ ਨਾਗੇਸ਼ਵਰ ਰਾਓ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ, ਜਿ਼ਲ੍ਹਾ ਤੇ ਸ਼ੈਸ਼ਨ ਜੱਜ ਸ. ਨਿਰਭਓ ਸਿੰਘ ਗਿੱਲ, ਆਮ ਆਦਮੀ ਪਾਰਟੀ ਦੇ ਜਿ਼ਲ੍ਹਾ ਪ੍ਰਧਾਨ ਸ਼੍ਰੀ ਅਜੈ ਸਿੰਘ ਲਿਬੜਾ, ਸੀਨੀਅਰ ਆਗੂ ਗੁਰਸਤਿੰਦਰ ਜੱਲ੍ਹਾ, ਰਸਪਿੰਦਰ ਰਾਜਾ, ਅਮਰਿੰਦਰ ਮੰਡੋਫਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸ਼ਹਿਰੀ ਪਤਵੰਤੇ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜਰ ਸਨ।
व्हाट्सप्प आइकान को दबा कर इस खबर को शेयर जरूर करें |